ਵਿਸਾਖੀ ਦੇ ਮੌਕੇ ‘ਤੇ ਦੋ ਰੋਜ਼ਾ ਦੌਰੇ ‘ਤੇ ਪੰਜਾਬ ਪਹੁੰਚੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ.ਵੀ.ਰਮੰਨਾ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਠਹਿਰਾਅ ਕੀਤਾ। ਜਸਟਿਸ ਰਮੰਨਾ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਰਮੰਨਾ ਪਰਿਵਾਰ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਲਿਆਂਵਾਲਾ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅਟਾਰੀ-ਵਾਹਗਾ ਸਰਹੱਦ ‘ਤੇ ਪਹੁੰਚ ਕੇ ਸਰਹੱਦੀ ਸੁਰੱਖਿਆ ਬਲਾਂ ਦੀ ਸ਼ਾਨਦਾਰ ਪਰੇਡ ਵੀ ਵੇਖੀ। ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ੀਰੋ ਪੁਆਇੰਟ ‘ਤੇ ਵੀ ਗਏ। ਜਸਟਿਸ ਰਮੰਨਾ ਇਸ ਤਰ੍ਹਾਂ ਇੱਥੇ ਆਉਣ ਵਾਲੇ ਭਾਰਤ ਦੇ ਪਹਿਲੇ ਚੀਫ ਜਸਟਿਸ ਹਨ।
ਗੁਰੂ ਦੀ ਨਗਰੀ ਅੰਮ੍ਰਿਤਸਰ ਪਹੁੰਚਣ ‘ਤੇ ਚੀਫ ਜਸਟਿਸ ਰਮੰਨਾ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਗਿਆ। ਸ੍ਰੀ ਮਾਨ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਮਿਨਿਏਚਰ ਭੇਟ ਕੀਤੀ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਸਿਰੋਪਾਓ ਭੇਟ ਕੀਤਾ ਗਿਆ। ਇੱਥੇ ਉਨ੍ਹਾਂ ਨੇ ਕਰੀਬ ਇੱਕ ਘੰਟਾ ਬਿਤਾਇਆ। ਇਸ ਕਾਰਨ ਇੱਥੇ ਸੁਰੱਖਿਆ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਉਥੇ ਪਹੁੰਚੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਮੰਨਾ ਨੇ ਕਿਹਾ ਕਿ ਉਨ੍ਹਾਂ ਦੀ ਸ੍ਰੀ ਦਰਬਾਰ ਸਾਹਿਬ ਆ ਕੇ ਮੱਥਾ ਟੇਕਣ ਦੀ ਚਿਰੋਕਣੀ ਇੱਛਾ ਅੱਜ ਪੂਰੀ ਹੋ ਗਈ ਹੈ।
13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਉਨ੍ਹਾਂ ਨੇ ਉਥੇ ਬਣੇ ਅਜਾਇਬ ਘਰ ਵਿਚ ਕਾਫੀ ਸਮਾਂ ਬਿਤਾਇਆ। ਇਸ ਤੋਂ ਪਹਿਲਾਂ ਸਵੇਰੇ ਉਹ ਅਟਾਰੀ-ਵਾਹਗਾ ਸਰਹੱਦ ‘ਤੇ ਪਹੁੰਚੇ। ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੀ ਪਰੇਡ ਦੇਖੀ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੀ.ਐੱਸ.ਐੱਫ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਇੰਤਜਾਮ ਕੀਤਾ ਗਿਆ। ਜਸਟਿਸ ਰਮੰਨਾ ਨੇ ਬੀ.ਐੱਸ.ਐੱਫ ਦੇ ਜਵਾਨਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਦਾ ਬੀਐੱਸਐੱਫ ਵੱਲੋਂ ਬਲ ਦੀ ਕੈਪ ਪਹਿਨਾ ਕੇ ਅਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।